ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ’ ਦੇ ਗਠਨ ਦਾ ਐਲਾਨ
ਕੈਥਲ, 6 ਜੁਲਾਈ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਪੰਜਾਬ ਸਰਕਾਰ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਵਿਰੋਧ ਦੇ ਬਾਵਜੂਦ ਹਰਿਆਣਾ ‘ਚ ਗੁਰਦੁਆਰਿਆਂ ਦੇ ਪ੍ਰਬੰਧ ਲਈ ‘ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ’ ਦੇ ਗਠਨ ਦਾ ਐਲਾਨ ਕਰ ਦਿੱਤਾ। ਅੱਜ ਕੈਥਲ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ‘ਚ ਹੋਏ ਸਿੱਖਾਂ ਦੇ ਮਹਾਂ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਹੁੱਡਾ ਨੇ ਕਿਹਾ ਕਿ ਆਉਣ ਵਾਲੀ 11 ਜੁਲਾਈ ਨੂੰ ਹਰਿਆਣਾ ਵਿਧਾਨ ਸਭਾ ‘ਚ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ. ਐਸ. ਜੀ. ਪੀ. ਸੀ.) ਦਾ ਬਿੱਲ ਪੇਸ਼ ਕੀਤਾ ਜਾਵੇਗਾ ਤੇ ਕਾਨੂੰਨੀ ਤੌਰ ‘ਤੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਸਿੱਖਾਂ ਦਾ ਹੱਕ ਹੈ ਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੈ। ਸਿੱਖਾਂ ਦੇ ਵਿਸ਼ਾਲ ਸੰਮੇਲਨ ‘ਚ ਆਪਣੇ ਐਲਾਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਇਕ ਵਾਰ ਫਿਰ ਸਿੱਖਾਂ ਦੀ ਰਾਏ ਲੈਣੀ ਚਾਹੀ। ਉਨ੍ਹਾਂ ਕਿਹਾ ਕਿ ਕੀ ਹਰਿਆਣਾ ਦੇ ਸਿੱਖ ਆਪਣੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਹੱਥਾਂ ‘ਚ ਲੈਣਾ ਚਾਹੁੰਦੇ ਹਨ ਅਤੇ ਜੇਕਰ ਅਜਿਹਾ ਹੈ ਤਾਂ ਆਪਣੀ ਰਾਏ ਦੇਣ। ਵੱਡੀ ਗਿਣਤੀ ‘ਚ ਇਕੱਠੇ ਹੋਏ ਸਿੱਖਾਂ ਨੇ ਜੈਕਾਰਿਆਂ ਨਾਲ ਦੋਵੇਂ ਹੱਥ ਉਪਰ ਕਰਕੇ ਆਪਣੀ ਸਹਿਮਤੀ ਦਿੱਤੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਕਿਸੇ ਵੀ ਤਰ੍ਹਾਂ ਦੀ ਕੋਈ ਰਾਜਨੀਤਕ ਦਖਲਅੰਦਾਜ਼ੀ ਨਹੀਂ ਹੋਵੇਗੀ। ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਉਸੇ ਤਰ੍ਹਾਂ ਹੀ ਹੋਵੇਗੀ ਜਿਵੇਂ ਪੰਜਾਬ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ ਬਾਦਲ ਸਾਹਿਬ (ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਪੰਜਾਬ) ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਬਿਆਨ ਪੜ੍ਹ ਰਿਹਾ ਹਾਂ। ਮੈਂ ਦੋਵਾਂ ਦਾ ਸਨਮਾਨ ਕਰਦਾ ਹਾਂ। ਮੈਂ ਉਮੀਦ ਕਰਦਾ ਹਾਂ ਕਿ ਬੇਸ਼ੱਕ ਉਹ ਮੇਰਾ ਸਨਮਾਨ ਨਾ ਕਰਨ, ਪਰ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ‘ਹਰਿਆਣਾ ਸਰਕਾਰ ਵੱਲੋਂ ਵੱਖਰੀ ਸ਼੍ਰੋਮਣੀ ਕਮੇਟੀ ਕੋਈ ਰਾਜਨੀਤਕ ਮੁੱਦਾ ਨਹੀਂ ਹੈ। ਇਹ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਹੈ। ਉਹ ਆਪਣਾ ਹੱਕ ਮੰਗ ਰਹੇ ਹਨ। ਹਰਿਆਣਾ ਦੇ ਸਿੱਖਾਂ ਦਾ ਵੀ ਗੁਰੂਆਂ ਅਤੇ ਅਕਾਲ ਤਖ਼ਤ ‘ਚ ਪੂਰਾ ਵਿਸ਼ਵਾਸ ਹੈ। ਉਹ ਗੁਰੂਆਂ ਦੀ ਸੇਵਾ ਕਰਨਾ ਚਾਹੁੰਦੇ ਹਨ ਅਤੇ ਆਪਣੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਆਪ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ‘ਚ ਇਹ ਵੀ ਸਪੱਸ਼ਟ ਕੀਤਾ ਕਿ ਹਰਿਆਣਾ ਵਿਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਪੂਰੀ ਕਾਨੂੰਨੀ ਪ੍ਰਕਿਰਿਆ ਮੁਤਾਬਕ ਹੀ ਕੀਤਾ ਜਾ ਰਿਹਾ ਹੈ। ਸ੍ਰੀ ਹੁੱਡਾ ਨੇ ਕਿਹਾ ਕਿ ਰਾਜ ਸਰਕਾਰ ਨੇ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਵਿੱਤ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਦੀ ਪ੍ਰਧਾਨਗੀ ‘ਚ ਇਕ ਕਮੇਟੀ ਦਾ ਗਠਨ ਕੀਤਾ ਸੀ। ਚੱਠਾ ਕਮੇਟੀ ਨੂੰ ਕਰੀਬ 2 ਲੱਖ ਸਿੱਖਾਂ ਨੇ ਸਹੁੰ ਪੱਤਰ ਦੇ ਕੇ ਹਰਿਆਣਾ ‘ਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਕੀਤੀ ਸੀ। ਸ੍ਰੀ ਹੁੱਡਾ ਨੇ ਕਿਹਾ ਕਿ ਚੱਠਾ ਕਮੇਟੀ ਦੀਆਂ ਸਿਫਾਰਸ਼ਾਂ ‘ਤੇ ਸਰਕਾਰ ਨੇ ਕਾਨੂੰਨੀ ਸਲਾਹ ਲਈ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਸਰਕਾਰ ਉਹ ਹੀ ਫੈਸਲਾ ਲਵੇਗੀ, ਜੋ ਹਰਿਆਣਾ ਦੇ ਸਿੱਖ ਕਹਿਣਗੇ। ਮੈਂ ਇਥੇ ਹਜ਼ਾਰਾਂ ਦੀ ਗਿਣਤੀ ‘ਚ ਸਿੱਖਾਂ ਦੀ ਹਾਜ਼ਰੀ ਦੇਖ ਰਿਹਾ ਹਾਂ ਤੇ ਤੁਹਾਡੀਆਂ ਭਾਵਨਾਵਾਂ ਨੂੰ ਸਮਝ ਰਿਹਾ ਹਾਂ। ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਆਪਣੇ ਸੰਬੋਧਨ ‘ਚ ਹਰਿਆਣਾ ਦੇ ਸਿੱਖਾਂ ਲਈ ਨਿਡਰ ਹੋ ਕੇ ਫੈਸਲਾ ਲੈਣ ਦੀ ਸਲਾਹ ‘ਤੇ ਸ੍ਰੀ ਹੁੱਡਾ ਨੇ ਕਿਹਾ ਕਿ ਇਸ ਵਿਚ ਡਰਨ ਦੀ ਕੋਈ ਗੱਲ ਨਹੀਂ ਹੈ। ਮੈਂ ਸਿੱਖਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਦਾ ਹਾਂ। ਹੁੱਡਾ ਨੇ ਕਿਹਾ ਕਿ ਉਹ ਸੁਤੰਤਰਤਾ ਸੈਨਾਨੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਨ੍ਹਾਂ ਦੀਆਂ ਰਗਾਂ ‘ਚ ਮਹਾਨ ਸੁਤੰਤਰਤਾ ਸੈਨਾਨੀਆਂ ਦਾ ਖ਼ੂਨ ਦੌੜ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਪਰਿਵਾਰ ਨਾਲ ਰਿਸ਼ਤਿਆਂ ਦਾ ਹਵਾਲਾ ਦਿੰਦੇ ਹੋਏ ਸ੍ਰੀ ਹੁੱਡਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਨਾਲ ਸੰਘਰਸ਼ ਵਿਚ ਸਾਥ ਦਿੱਤਾ ਸੀ। ਸ਼ਹੀਦ ਭਗਤ ਸਿੰਘ ਦੇ ਚਾਚਾ ਸਰਦਾਰ ਅਜੀਤ ਸਿੰਘ ਅਤੇ ਉਨ੍ਹਾਂ ਦੇ ਦਾਦਾ ਚੌਧਰੀ ਮਾਤੂਰਾਮ ਨੂੰ ਅੰਗਰੇਜ਼ਾਂ ਨੇ ਇਕ ਕਲਮ ਨਾਲ ਕਾਲੇ ਪਾਣੀ ਦੀ ਸਜ਼ਾ ਦਿੱਤੀ ਸੀ।
No comments:
Post a Comment